
ਚੰਡੀਗੜ੍ਹ, 03 ਸਤੰਬਰ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਸ ਦੌਰਾਨ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ ਗਿਆ।
ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤਜਵੀਜ਼ਾਂ ਤਿਆਰ ਕਰਕੇ ਕੈਬਨਿਟ ਸਬ-ਕਮੇਟੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖਾਸ ਤੌਰ ’ਤੇ ਹਦਾਇਤ ਕੀਤੀ ਕਿ ਵਿੱਤੀ ਮਾਮਲਿਆਂ ਨਾਲ ਸਬੰਧਤ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ ’ਤੇ ਵਿੱਤ ਵਿਭਾਗ ਕੋਲ ਭੇਜਿਆ ਜਾਵੇ, ਤਾਂ ਜੋ ਲੋੜੀਂਦੀ ਕਾਰਵਾਈ ਜਲਦ ਕੀਤੀ ਜਾ ਸਕੇ।
ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਨੂੰ ਤਰਜੀਹ ਦੇ ਰਹੀ ਹੈ।
ਮੀਟਿੰਗਾਂ ਦੌਰਾਨ ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ, ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਸਾਂਝਾ ਦਿਵਿਆਂਗ ਮੋਰਚਾ, ਪੰਜਾਬ ਦਿਵਿਆਂਗ ਐਕਸ਼ਨ ਕਮੇਟੀ, ਸਾਂਝਾ ਫਰੰਟ ਸੀ.ਐਚ.ਓ. ਪੰਜਾਬ, ਕਮਿਊਨਿਟੀ ਹੈਲਥ ਆਫੀਸਰਜ਼ ਐਸੋਸੀਏਸ਼ਨ ਅਤੇ 180 ਈ.ਟੀ.ਟੀ. ਟੈਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਰੱਖੀਆਂ।
ਨੁਮਾਇੰਦਿਆਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮਸਲੇ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਇਸ ਦੌਰਾਨ ਮੁਲਾਜ਼ਮਾਂ ਨਾਲ ਸਬੰਧਤ ਪ੍ਰਸ਼ਾਸਨਿਕ ਅਤੇ ਵਿੱਤੀ ਮਾਮਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੂਨੀਅਨਾਂ ਵੱਲੋਂ ਉਠਾਏ ਗਏ ਮਸਲਿਆਂ ਦੀ ਵਿਭਾਗੀ ਪੱਧਰ ’ਤੇ ਜਾਂਚ ਕਰਕੇ ਯੋਗ ਮਾਮਲਿਆਂ ਸਬੰਧੀ ਪ੍ਰਸਤਾਵ ਜਲਦ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਕਾਰ ਲਗਾਤਾਰ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੀਟਿੰਗਾਂ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਸਰਕਾਰ ਦੇ ਸੰਵਾਦ ਨੂੰ ਅੱਗੇ ਵਧਾਉਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰ ਵੱਲੋਂ ਹੁਣ ਸਬੰਧਤ ਵਿਭਾਗਾਂ ਦੀਆਂ ਤਜਵੀਜ਼ਾਂ ਮਿਲਣ ਤੋਂ ਬਾਅਦ ਮਾਮਲਿਆਂ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH