
ਚੰਡੀਗੜ੍ਹ, 03 ਸਤੰਬਰ (ਹਿੰ.ਸ.)| ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਪੰਜਾਬ ਵਿੱਚ ਝੋਨੇ ਦੀ ਸੁਚਾਰੂ, ਨਿਰਵਿਘਨ ਅਤੇ ਸਮੇਂ ਸਿਰ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਰੇ ਸਬੰਧਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੇ ਝੋਨੇ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਅਤੇ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।ਭਗਵੰਤ ਮਾਨ ਨੇ ਦੱਸਿਆ ਕਿ ਆਉਣ ਵਾਲੇ ਖਰੀਦ ਸੀਜ਼ਨ ਦੌਰਾਨ ਕਰੀਬ 5.09 ਲੱਖ ਬਾਰਦਾਨੇ ਦੀ ਲੋੜ ਹੋਵੇਗੀ। ਇਸ ਦੀ ਉਪਲਬਧਤਾ ਲਈ ਪਹਿਲਾਂ ਹੀ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਭਰਾਈ ਅਤੇ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੈਸ਼ ਕ੍ਰੈਡਿਟ ਲਿਮਟ (ਸੀਸੀਐਲ) ਲਈ ਆਰਬੀਆਈ ਨੂੰ ਪ੍ਰਸਤਾਵ ਭੇਜਿਆ ਜਾ ਚੁੱਕਾ ਹੈ। ਇਸ ਸਬੰਧੀ ਭਾਰਤੀ ਸਟੇਟ ਬੈਂਕ ਅਤੇ ਆਰਬੀਆਈ ਨਾਲ ਲਗਾਤਾਰ ਪੈਰਵੀ ਕੀਤੀ ਜਾ ਰਹੀ ਹੈ ਅਤੇ ਸੀਸੀਐਲ ਜਲਦ ਮਿਲਣ ਦੀ ਉਮੀਦ ਹੈ।ਮੁੱਖ ਮੰਤਰੀ ਨੇ ਕਿਹਾ ਕਿ 2026-27 ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਲਗਭਗ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐੱਸਐੱਸਪੀਜ਼, ਮੰਡੀ ਬੋਰਡ ਅਤੇ ਪੁਲਿਸ ਵਿਭਾਗ ਨੂੰ ਮੰਡੀਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਝੋਨੇ ਦੀ ਆਮਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾਵੇ, ਤਾਂ ਜੋ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਵਿੱਚ ਕੋਈ ਦਿੱਕਤ ਨਾ ਆਵੇ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਕਿਸਾਨਾਂ ਨੂੰ ਆਪਣਾ ਅਨਾਜ ਵੇਚਣ ਵਿੱਚ ਕਿਸੇ ਵੱਡੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਇਸੇ ਪ੍ਰਬੰਧ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਨਿਰਵਿਘਨ ਖਰੀਦ ਦੇ ਨਾਲ-ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਵੀ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਲਾਪਰਵਾਹੀ ਕਰਨ ਵਾਲੇ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਭਗਵੰਤ ਮਾਨ ਨੇ ਖਰੀਦ ਏਜੰਸੀਆਂ ਨੂੰ ਆਉਣ ਵਾਲੇ ਸੀਜ਼ਨ ਲਈ ਹਰ ਪੱਧਰ ’ਤੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ-ਪੱਖੀ ਅਤੇ ਨਿਰਵਿਘਨ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਪੂਰੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਹਿੰਦੂਸਥਾਨ ਸਮਾਚਾਰ / GURSHARAN SINGH