
24 ਘੰਟਿਆਂ ਵਿੱਚ ਮੁਆਫ਼ੀ ਮੰਗਣ ਲਈ ਕਿਹਾ, ਨਹੀਂ ਤਾਂ ਕਾਨੂੰਨੀ ਕਾਰਵਾਈ ਦੀ ਚਿਤਾਵਨੀ
ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਰਾਹੀਂ ਦੋਵਾਂ ਨੂੰ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਨਾਲ ਹੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮੁਆਫ਼ੀ ਨਾ ਮੰਗੀ ਗਈ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਡਾ. ਗੁਰਪ੍ਰੀਤ ਕੌਰ ’ਤੇ ਲਗਾਏ ਗਏ ਕਥਿਤ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਸੇਵਾਮੁਕਤ ਜਸਟਿਸ ਨੇ ਦਾਅਵਾ ਕੀਤਾ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਇੱਕ ਬਲਾਤਕਾਰ ਮਾਮਲੇ ਵਿੱਚ ਕਥਿਤ ਤੌਰ ’ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਇੱਕ ਕਾਰੋਬਾਰੀ ਖ਼ਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ਵਿੱਚ ਮਦਦ ਕਰਨ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਡਾ. ਗੁਰਪ੍ਰੀਤ ਕੌਰ ਇਨ੍ਹਾਂ ਦੋਸ਼ਾਂ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ।
23 ਅਗਸਤ ਨੂੰ ਡਾ. ਗੁਰਪ੍ਰੀਤ ਕੌਰ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਸੀ। ਇਸ ਵਿੱਚ ਉਨ੍ਹਾਂ ਨੇ 5 ਕਰੋੜ ਰੁਪਏ ਦੀ ਮੰਗ ਸਬੰਧੀ ਦੋਸ਼ਾਂ ਨੂੰ ਨਕਾਰਦਿਆਂ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ। ਨੋਟਿਸ ਵਿੱਚ ਦੋਸ਼ਾਂ ਪਿੱਛੇ ਸਿਆਸੀ ਮਨਸ਼ਾ ਹੋਣ ਦਾ ਵੀ ਜ਼ਿਕਰ ਕੀਤਾ ਗਿਆ ਸੀ।
ਇਸੇ ਮਾਮਲੇ ਨੂੰ ਲੈ ਕੇ 2 ਸਤੰਬਰ ਨੂੰ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਕਥਿਤ ਆਡੀਓ-ਵੀਡੀਓ ਸਾਂਝੀ ਕੀਤੀ ਗਈ। ਮਜੀਠੀਆ ਨੇ ਦਾਅਵਾ ਕੀਤਾ ਕਿ ਇਸ ਵਿੱਚ ਮਾਮਲੇ ਨਾਲ ਜੁੜੇ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਦੇ ਇੱਕ ਰਿਸ਼ਤੇਦਾਰ ਵਿਚਕਾਰ ਪੈਸਿਆਂ ਦੇ ਲੈਣ-ਦੇਣ ਸਬੰਧੀ ਗੱਲਬਾਤ ਹੈ। ਉਨ੍ਹਾਂ ਨੇ ਕਥਿਤ ਤੌਰ ’ਤੇ ਪਟਿਆਲਾ ਜੇਲ੍ਹ ਵਿੱਚ ਮੁਲਜ਼ਮ ਨੂੰ ਸਹੂਲਤਾਂ ਦੇਣ ਅਤੇ ਮੁੱਖ ਮੰਤਰੀ ਨਿਵਾਸ ਵਿੱਚ ਮੁਲਾਕਾਤ ਨਾਲ ਸਬੰਧਤ ਗੱਲਬਾਤ ਹੋਣ ਦਾ ਵੀ ਦਾਅਵਾ ਕੀਤਾ।
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ 2 ਸਤੰਬਰ ਨੂੰ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਮਜੀਠੀਆ ਵੱਲੋਂ ਸਾਂਝੀ ਕੀਤੀ ਆਡੀਓ ਦੀ ਵੀਡੀਓ ਪੋਸਟ ਕੀਤੀ। ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਸਵਾਲ ਕੀਤਾ ਕਿ ਕਥਿਤ ਤੌਰ ’ਤੇ 5 ਕਰੋੜ ਰੁਪਏ ਮੰਗਣ ਵਾਲੇ ਅਮਰਦੀਪ ਗਰੇਵਾਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ। ਖਹਿਰਾ ਨੇ ਇਸ ਮਾਮਲੇ ਨਾਲ ਅਮਰਦੀਪ ਦੀ ਕਥਿਤ ਆਡੀਓ ਅਤੇ ਡਾ. ਗੁਰਪ੍ਰੀਤ ਕੌਰ ਨਾਲ ਸਬੰਧਤ ਕਥਿਤ ਸੀਸੀਟੀਵੀ ਫੁਟੇਜ ਦਾ ਵੀ ਹਵਾਲਾ ਦਿੱਤਾ।
ਇਸ ਮਾਮਲੇ ਵਿੱਚ ਲੀਗਲ ਰਾਈਟਸ ਆਬਜ਼ਰਵੇਟਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਵੱਲੋਂ ਵੀ ਮਾਮਲੇ ਦਾ ਨੋਟਿਸ ਲੈਣ ਦੀ ਜਾਣਕਾਰੀ ਸਾਹਮਣੇ ਆਈ ਸੀ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਮਾਮਲੇ ਸਬੰਧੀ ਕਾਰਵਾਈ ਦੀ ਰਿਪੋਰਟ ਮੰਗੀ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH