ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਕੇ ਪ੍ਰਾਇਮਰੀ ਸਿੱਖਿਆ ਵਿੱਚ ਪਹਿਲੇ ਸਥਾਨ ’ਤੇ ਪਹੁੰਚਿਆ: ਭਗਵੰਤ ਮਾਨ
ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 50 ਅਧਿਆਪਕਾਂ ਨੂੰ ਕੀਤਾ ਸਨਮਾਨਿਤ ਮੋਹਾਲੀ, 05 ਸਤੰਬਰ (ਹਿੰ.ਸ.)| ਅਧਿਆਪਕ ਦਿਵਸ ਮੌਕੇ ਮੋਹਾਲੀ ਵਿੱਚ ਕਰਵਾਏ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੀ
Cm Bhagwant singh mann and Minister Harjot singh Bains honouring the teachers


ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 50 ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਮੋਹਾਲੀ, 05 ਸਤੰਬਰ (ਹਿੰ.ਸ.)| ਅਧਿਆਪਕ ਦਿਵਸ ਮੌਕੇ ਮੋਹਾਲੀ ਵਿੱਚ ਕਰਵਾਏ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਨੂੰ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ, ਜਦਕਿ ਹੁਣ ਸੂਬਾ ਪ੍ਰਾਇਮਰੀ ਸਿੱਖਿਆ ਵਿੱਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਚਲਦਿਆਂ ਉਹ ਦਿਨ ਦੂਰ ਨਹੀਂ ਜਦੋਂ ਦੁਨੀਆ ਭਰ ਤੋਂ ਅਧਿਆਪਕ ਪੰਜਾਬ ਵਿੱਚ ਸਿਖਲਾਈ ਲੈਣ ਲਈ ਆਉਣਗੇ। ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਕੁੱਲ 50 ਅਧਿਆਪਕਾਂ, ਜਿਨ੍ਹਾਂ ਵਿੱਚ 21 ਪ੍ਰਾਇਮਰੀ ਅਤੇ 29 ਸੈਕੰਡਰੀ ਅਧਿਆਪਕ ਸ਼ਾਮਲ ਹਨ, ਨੂੰ ਸਟੇਟ ਐਵਾਰਡ ਦਿੱਤੇ ਗਏ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ, 4 ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ, 6 ਨੂੰ ਪ੍ਰਸ਼ਾਸਕੀ ਪੁਰਸਕਾਰ ਅਤੇ 5 ਅਧਿਆਪਕਾਂ ਨੂੰ ਸਿੱਖਿਆ ਮੰਤਰੀ ਵੱਲੋਂ ਨਾਮਜ਼ਦਗੀ ਦੇ ਆਧਾਰ ’ਤੇ ਪੁਰਸਕਾਰ ਦਿੱਤੇ ਗਏ।

ਮੁੱਖ ਮੰਤਰੀ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਿੱਖਿਆ ਮਨੁੱਖੀ ਵਿਕਾਸ ਦਾ ਸਭ ਤੋਂ ਵੱਡਾ ਸਾਧਨ ਹੈ। ਉਨ੍ਹਾਂ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਨੀਂਹ ਰੱਖ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਸਮਰੱਥਾ ਵਧਾਉਣ ਲਈ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਮੁਤਾਬਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਸਿੰਗਾਪੁਰ ਵਿੱਚ, 152 ਹੈੱਡਮਾਸਟਰਾਂ ਨੂੰ ਆਈਆਈਐਮ ਅਹਿਮਦਾਬਾਦ ਵਿੱਚ ਅਤੇ 144 ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਸਿਖਲਾਈ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 118 ਸਕੂਲਜ਼ ਆਫ਼ ਐਮੀਨੈਂਸ ਵਿਕਸਤ ਕੀਤੇ ਜਾ ਰਹੇ ਹਨ। ਸਕੂਲ ਸੁਰੱਖਿਆ ਅਤੇ ਬੁਨਿਆਦੀ ਢਾਂਚੇ ’ਤੇ 211.58 ਕਰੋੜ ਰੁਪਏ ਖਰਚ ਕੀਤੇ ਗਏ ਹਨ। ਸਕੂਲਾਂ ਵਿੱਚ ਸੁਰੱਖਿਅਤ ਅਤੇ ਸਾਫ਼ ਮਾਹੌਲ ਲਈ 1,917 ਕੈਂਪਸ ਮੈਨੇਜਰ, 1,316 ਸੁਰੱਖਿਆ ਗਾਰਡ, 7,113 ਸਫ਼ਾਈ ਕਰਮਚਾਰੀ ਅਤੇ 1,785 ਚੌਕੀਦਾਰ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 16,348 ਸਕੂਲਾਂ ਵਿੱਚ ਵਾਈ-ਫਾਈ ਕੁਨੈਕਸ਼ਨ ਲਗਾਏ ਗਏ ਹਨ। ਕਲਾਸਰੂਮਾਂ, ਲੈਬਾਰਟਰੀਆਂ, ਲਾਇਬ੍ਰੇਰੀਆਂ ਅਤੇ ਪਖਾਨਿਆਂ ਦੇ ਸੁਧਾਰ ਲਈ 488.67 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ‘ਬਿਜ਼ਨਸ ਬਲਾਸਟਰ’ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਰਾਹੀਂ ਵਿਦਿਆਰਥੀਆਂ ਨੂੰ ਨੌਕਰੀ ਮੰਗਣ ਵਾਲਿਆਂ ਦੀ ਬਜਾਏ ਰੁਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ 1.83 ਲੱਖ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰੀ ਵਿਚਾਰਾਂ ’ਤੇ ਕੰਮ ਕਰਨ ਲਈ 10.32 ਕਰੋੜ ਰੁਪਏ ਦੀ ਸੀਡ ਮਨੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੇਰੈਂਟ-ਟੀਚਰ ਮੀਟਿੰਗਾਂ ਰਾਹੀਂ ਮਾਪਿਆਂ ਦੀ ਭਾਗੀਦਾਰੀ ਵੀ ਵਧੀ ਹੈ। ਪਿਛਲੀ ਪੀਟੀਐਮ ਵਿੱਚ 24 ਲੱਖ ਤੋਂ ਵੱਧ ਮਾਪਿਆਂ ਦੇ ਸ਼ਾਮਲ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਦਾ ਸੰਕੇਤ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਪਹਿਲੀ ਵਾਰ 881 ਵਿਦਿਆਰਥੀਆਂ ਨੇ ਜੇਈਈ ਅਤੇ ਨੀਟ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਸਿਰਫ਼ ਇੱਕ ਵਿਭਾਗ ਨਹੀਂ, ਸਗੋਂ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਬਦਲਾਅ ਦਾ ਮੁੱਖ ਧੁਰਾ ਮੰਨਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਪੜ੍ਹਿਆ-ਲਿਖਿਆ, ਹੁਨਰਮੰਦ ਅਤੇ ਖੁਸ਼ਹਾਲ ‘ਰੰਗਲਾ ਪੰਜਾਬ’ ਬਣਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਿੱਖਿਆ ਸਕੱਤਰ ਸੋਨਾਲੀ ਗਿਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande