
ਕਿਹਾ, ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; 1,458 ਜੰਗਲਾਤ ਕਾਮੇ ਕੀਤੇ ਰੈਗੂਲਰਚੰਡੀਗੜ੍ਹ, 06 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜੰਗਲਾਤ ਕਾਮਿਆਂ ਨੂੰ ਵੀ ਅਹਿਮ ਸਥਾਨ ਦਿੱਤਾ ਜਾ ਰਿਹਾ ਹੈ। ਇਹ ਗੱਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਹੀ।ਮੀਟਿੰਗ ਦੌਰਾਨ ਮੰਤਰੀ ਨੇ ਯੂਨੀਅਨ ਆਗੂਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਾਇਜ਼ ਮੰਗਾਂ ਨੂੰ ਸਰਕਾਰ ਦੇ ਉੱਚ ਪੱਧਰ ’ਤੇ ਉਠਾਇਆ ਜਾਵੇਗਾ। ਫੀਲਡ ਵਰਕਰਾਂ ਵੱਲੋਂ ਕੀਤੇ ਜਾਂਦੇ ਕੰਮਾਂ ਨੂੰ ਖਤਰਨਾਕ ਕੰਮਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ’ਤੇ ਕਟਾਰੂਚੱਕ ਨੇ ਕਿਹਾ ਕਿ ਉਹ ਇਹ ਮਾਮਲਾ ਵੀ ਸਰਕਾਰ ਦੇ ਉੱਚ ਪੱਧਰ ਤੱਕ ਲੈ ਕੇ ਜਾਣਗੇ।ਜੰਗਲਾਤ ਕਾਮਿਆਂ ਦੀ ਨੌਕਰੀ ਦੀ ਸੁਰੱਖਿਆ ਬਾਰੇ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਮਿਆਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਵੇਲੇ ਚੱਲ ਰਹੇ ਕਿਸੇ ਵੀ ਕੰਮ ਨੂੰ ਠੇਕੇ ’ਤੇ ਨਹੀਂ ਦਿੱਤਾ ਜਾਵੇਗਾ।ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਹੁਣ ਤੱਕ 1,458 ਕਾਮਿਆਂ ਨੂੰ ਰੈਗੂਲਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇਸ ਸਾਲ ਰੈਗੂਲਰ ਕੀਤੇ ਗਏ 516 ਅਤੇ ਪਿਛਲੇ ਸਾਲ ਰੈਗੂਲਰ ਕੀਤੇ ਗਏ 942 ਕਾਮੇ ਸ਼ਾਮਲ ਹਨ।ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 70,000 ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਨੌਕਰੀਆਂ ਮੈਰਿਟ ਦੇ ਆਧਾਰ ’ਤੇ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਾਮਿਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਕੰਮਕਾਜੀ ਮਾਹੌਲ ਮੁਹੱਈਆ ਕਰਵਾਉਣਾ ਹੈ।ਮੀਟਿੰਗ ਵਿੱਚ ਪੀ.ਸੀ.ਸੀ.ਐਫ. (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. (ਪ੍ਰਸ਼ਾਸਨ) ਪ੍ਰਤਿਮਾ ਸ੍ਰੀਵਾਸਤਵ ਅਤੇ ਏ.ਪੀ.ਸੀ.ਸੀ.ਐਫ. (ਪਨਕੈਂਪਾ) ਚਰਚਿਲ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH