
ਪਟਿਆਲਾ, 06 ਸਤੰਬਰ (ਹਿੰ.ਸ.)| ਪਟਿਆਲਾ ਸ਼ਹਿਰੀ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪੀਐਮ-26 ਰੰਗਲਾ ਪੰਜਾਬ ਵਿਕਾਸ ਸਕੀਮ ਦੇ ਤੀਜੇ ਫੇਜ਼ ਤਹਿਤ 5 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਇਸ ਲਈ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਨਾਲ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।
ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਵਾਉਣ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਕਮਿਸ਼ਨਰ ਸਿਮਰਨਪ੍ਰੀਤ ਕੌਰ ਸਮੇਤ ਲੋਕ ਨਿਰਮਾਣ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਚੱਲ ਰਹੇ ਅਤੇ ਪ੍ਰਸਤਾਵਿਤ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਅਗਲੀ ਸਮੀਖਿਆ ਬੈਠਕ 26 ਸਤੰਬਰ ਨੂੰ ਹੋਵੇਗੀ।
ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਛੱਡਿਆ ਜਾਵੇਗਾ। ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਅਤੇ ਇੰਪਰੂਵਮੈਂਟ ਟਰੱਸਟ ਵੱਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੇ ਦੋ ਵਾਰ ਪੰਜਾਬ ਨੂੰ ਮੁੱਖ ਮੰਤਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸ਼ਹਿਰ ਲੰਮੇ ਸਮੇਂ ਤੱਕ ਵਿਕਾਸ ਪੱਖੋਂ ਪਛੜਿਆ ਰਿਹਾ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਟਿਆਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਬੀੜਾ ਚੁੱਕਿਆ ਹੈ ਅਤੇ ਵਿਕਾਸ ਕਾਰਜ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਵਾਏ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH